ਭਾਜਪਾ ਦੇ ਉੱਚ ਪ੍ਰਤੀਨਿਧੀਮੰਡਲ ਨੇ ਰਾਜਪਾਲ ਨੂੰ ਦਿੱਤਾ ਮੰਗਪੱਤਰ, ਡੀਜੀਪੀ ਅਤੇ ਗ੍ਰਹਿ ਮੰਤਰੀ ਨੂੰ ਬਰਖਾਸਤ ਕਰਨ ਦੀ ਕੀਤੀ ਮੰਗ

whatsapp-image-2022-01-06-at-6-09-16-pm
ਪੰਜਾਬ ਭਾਜਪਾ ਦੇ ਸੀਨੀਅਰ ਆਗੂਆਂ ਨੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਮੰਗ ਪੱਤਰ ਸੌਂਪ ਕੇ ਪੰਜਾਬ ਦੇ ਪੁਲਿਸ ਡਾਇਰੈਕਟਰ ਜਨਰਲ ਅਤੇ ਗ੍ਰਹਿ ਮੰਤਰੀ ਨੂੰ ਤੁਰੰਤ ਬਰਖਾਸਤ ਕਰਨ ਦੀ ਮੰਗ ਕੀਤੀ ਹੈ। ਵਫ਼ਦ ਨੇ ਰਾਜਪਾਲ ਨੂੰ ਦੱਸਿਆ ਕਿ ਪ੍ਰਧਾਨ ਮੰਤਰੀ ਦੇ ਕਾਫ਼ਲੇ ਨੂੰ ਬੁੱਧਵਾਰ ਨੂੰ ਫਿਰੋਜ਼ਪੁਰ ਪੁੱਜਣ ‘ਤੋਂ ਪਹਿਲਾਂ ਅੱਧ ਵਿਚਕਾਰ ਰੋਕ ਦਿੱਤਾ ਗਿਆ, ਜੋ ਕਿ ਇੱਕ ਗੰਭੀਰ ਅਪਰਾਧ ਹੈ।

ਵਫ਼ਦ ਨੇ ਮੰਗ ਪੱਤਰ ਵਿੱਚ ਸਪੱਸ਼ਟ ਤੌਰ ‘ਤੇ ਕਿਹਾ ਕਿ ਪੰਜਾਬ ਸਰਕਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ਕਰਨ ਵਿੱਚ ਣਾ ਸਿਰਫ ਨਾਕਾਮ ਰਹੀ ਹੈ, ਸਗੋਂ ਉਨ੍ਹਾਂ ਦੀ ਜਾਨ ਨੂੰ ਖਤਰੇ ਵਿੱਚ ਪਾਉਣ ਵਿੱਚ ਵੀ ਅਹਿਮ ਭੂਮਿਕਾ ਨਿਭਾਈ ਹੈ। ਮੰਗ ਪੱਤਰ ਵਿੱਚ ਕਿਹਾ ਗਿਆ ਹੈ ਕਿ ਪ੍ਰਧਾਨ ਮੰਤਰੀ ਦੇ ਕਾਫ਼ਲੇ ਦੀ ਸੂਚਨਾ ਲੀਕ ਕਰਕੇ ਬੀਕੇਯੂ ਕ੍ਰਾਂਤੀਕਾਰੀ ਦੇ ਆਗੂਆਂ ਨੂੰ ਪਹਿਲਾਂ ਹੀ ਦਿੱਤੀ ਗਈ ਸੀ। ਮੀਡੀਆ ਰਿਪੋਰਟਾਂ ਮੁਤਾਬਕ ਪੁਲਿਸ ਅਧਿਕਾਰੀਆਂ ਨੇ ਉਨ੍ਹਾਂ ਨੂੰ ਪਹਿਲਾਂ ਹੀ ਸੂਚਿਤ ਕਰ ਦਿੱਤਾ ਸੀ ਕਿ ਮਾਨਯੋਗ ਪ੍ਰਧਾਨ ਮੰਤਰੀ ਸੜਕ ਰਾਹੀਂ ਆ ਰਹੇ ਹਨ। ਇਨ੍ਹਾਂ ਪ੍ਰਦਰਸ਼ਨਕਾਰੀਆਂ ਨੇ ਪ੍ਰਧਾਨ ਮੰਤਰੀ ਦਾ ਘਿਰਾਓ ਕਰਨ ਦੀ ਕੋਸ਼ਿਸ਼ ਕੀਤੀ ਅਤੇ ਉਨ੍ਹਾਂ ਦੇ ਸੁਰੱਖਿਆ ਘੇਰੇ ਨੂੰ ਤੋੜਨ ਦੀ ਕੋਸ਼ਿਸ਼ ਕੀਤੀ। ਪ੍ਰਧਾਨ ਮੰਤਰੀ 20 ਮਿੰਟ ਤੋਂ ਵੱਧ ਸਮੇਂ ਤੱਕ ਫਲਾਈਓਵਰ ‘ਤੇ ਫਸੇ ਰਹੇ। ਉਨ੍ਹਾਂ ਦੀ ਸੁਰੱਖਿਆ ਦੀ ਗੰਭੀਰ ਉਲੰਘਣਾ ਹੋਈ ਹੈ। ਪੁਲਿਸ ਮੂਕ ਦਰਸ਼ਕ ਬਣੀ ਰਹੀ ਜਦਕਿ ਪ੍ਰਦਰਸ਼ਨਕਾਰੀਆਂ ਨੇ ਨਾਅਰੇਬਾਜ਼ੀ ਕੀਤੀ।

ਮੰਗ ਪੱਤਰ ਵਿਚ ਕਿਹਾ ਗਿਆ ਹੈ ਕਿ ਪ੍ਰੋਟੋਕੋਲ ਮੁਤਾਬਕ ਪ੍ਰਧਾਨ ਮੰਤਰੀ ਦੇ ਸਵਾਗਤ ਲਈ ਮੁੱਖ ਮੰਤਰੀ, ਮੁੱਖ ਸਕੱਤਰ ਅਤੇ ਪੁਲਿਸ ਡਾਇਰੈਕਟਰ ਜਨਰਲ ਨੂੰ ਹਾਜ਼ਰ ਹੋਣਾ ਚਾਹੀਦਾ ਸੀ, ਜਦਕਿ ਉਨ੍ਹਾਂ ਵਿਚੋਂ ਕੋਈ ਵੀ ਮੌਕੇ ‘ਤੇ ਨਹੀਂ ਪੁੱਜਿਆ। ਪ੍ਰਧਾਨ ਮੰਤਰੀ ਦੇ ਕਾਫ਼ਲੇ ਨੂੰ 20 ਮਿੰਟ ਤੱਕ ਪੁਲ ‘ਤੇ ਫਸੇ ਰੱਖਣ ਨਾਲ ਅਤਿ ਸੰਵੇਦਨਸ਼ੀਲਤਾ ਵਾਲੀ ਸਥਿਤੀ ਪੈਦਾ ਹੋ ਗਈ ਹੈ ਜੋ ਕਿ ਗੰਭੀਰ ਚਿੰਤਾ ਦਾ ਵਿਸ਼ਾ ਹੈI ਪ੍ਰਧਾਨ ਮੰਤਰੀ ਪੰਜਾਬ ਵਿੱਚ 43,000 ਕਰੋੜ ਰੁਪਏ ਤੋਂ ਵਧ ਦੇ ਪ੍ਰੋਜੈਕਟਾਂ ਦਾ ਐਲਾਨ ਕਰਨ ਲਈ ਆ ਰਹੇ ਸਨ। ਵਿਸ਼ਵ ਪੱਧਰੀ ਮੈਡੀਕਲ ਕਾਲਜ ਅਤੇ ਸੂਬੇ  ਨੂੰ ਕਨੈਕਟੀਵਿਟੀ ਰੂਟਾਂ ਦੇ ਨਾਲ, ਕਪੂਰਥਲਾ ਅਤੇ ਹੁਸ਼ਿਆਰਪੁਰ ਵਿਖੇ ਦੋ ਮੈਡੀਕਲ ਕਾਲਜ ਅਤੇ ਫ਼ਿਰੋਜ਼ਪੁਰ ਵਿਖੇ ਇੱਕ ਸੈਟੇਲਾਈਟ ਪੀਜੀਆਈ ਅਤੇ ਦਿੱਲੀ-ਅੰਮ੍ਰਿਤਸਰ ਕਟੜਾ ਹਾਈਵੇਅ ਪ੍ਰਦਾਨ ਕੀਤਾ ਜਾਣਾ ਸੀ। ਮੰਗ ਪੱਤਰ ਵਿੱਚ ਕਿਹਾ ਗਿਆ ਹੈ ਕਿ ਸੂਬਾ ਸਰਕਾਰ ਨੇ ਫਿਰੋਜ਼ਪੁਰ ਪੁੱਜਣ ਦੇ ਚਾਹਵਾਨ ਸੂਬੇ ਭਰ ਦੇ ਲੋਕਾਂ ਨੂੰ ਰੋਕਣ ਲਈ ਸਾਰੇ ਵਸੀਲੇ ਲਾ ਦਿੱਤੇ ਸਨ। ਵਫ਼ਦ ਵਿੱਚ ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ, ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼, ਸੂਬਾ ਜਨਰਲ ਸਕੱਤਰ ਜੀਵਨ ਗੁਪਤਾ, ਡਾ: ਸੁਭਾਸ਼ ਸ਼ਰਮਾ, ਰਾਜੇਸ਼ ਬਾਗਾ ਤੋਂ ਇਲਾਵਾ ਰਾਣਾ ਗੁਰਮੀਤ ਸਿੰਘ ਸੋਢੀ ਅਤੇ ਐੱਸ. ਚੰਨੀ ਸ਼ਾਮਲ ਸਨ।