ਜੰਮੂ-ਕਸ਼ਮੀਰ ਵਿਚ ਪੰਜਾਬੀ ਭਾਸ਼ਾ ਨੂੰ ਵੀ ਸਰਕਾਰੀ ਭਾਸ਼ਾਵਾਂ ਦੀ ਸੂਚੀ ਵਿਚ ਸ਼ਾਮਲ ਕੀਤਾ ਜਾਵੇ : ਅਸ਼ਵਨੀ ਸ਼ਰਮਾ

ashwani-sharmaa

ਅਮਿਤ ਸ਼ਾਹ ਨੂੰ ਚਿੱਠੀ ਲਿਖ ਕੇ ਅਸ਼ਵਨੀ ਸ਼ਰਮਾ ਨੇ ਪੰਜਾਬੀ ਨੂੰ ਜੰਮੂ-ਕਸ਼ਮੀਰ ਦੀ ਅਧਿਕਾਰੀਕ ਭਾਸ਼ਾ ਦਾ ਦਰਜ ਦੇਣ ਦੀ ਚੁੱਕੀ ਮੰਗ  I

ਚੰਡੀਗੜ੍ਹ: 12 ਸਤੰਬਰ (    ), ਸੂਬਾ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਪੱਤਰ ਲਿਖ ਕੇ ਜੰਮੂ-ਕਸ਼ਮੀਰ ਦੀਆਂ ਸਥਾਨਕ ਭਾਸ਼ਾਵਾਂ ਨੂੰ ਸਨਮਾਨ ਦੇਣ ਲਈ ਧੰਨਵਾਦ ਕਰਦਿਆਂ ਪੰਜਾਬੀ ਭਾਸ਼ਾ ਨੂੰ ਸਰਕਾਰੀ ਭਾਸ਼ਾ ਵਜੋਂ ਦਰਜਾ ਦੇਣ ਦੀ ਮੰਗ ਕੀਤੀ ਹੈ I
ਅਸ਼ਵਨੀ ਸ਼ਰਮਾ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ “ਜੰਮੂ-ਕਸ਼ਮੀਰ ਸਰਕਾਰੀ ਭਾਸ਼ਾ ਬਿੱਲ 2020” ਮਾਨਸੂਨ ਸੈਸ਼ਨ ਦੌਰਾਨ ਪੇਸ਼ ਕੀਤਾ ਜਾ ਰਿਹਾ ਹੈ, ਜਿਸ ਵਿਚ ਸਥਾਨਕ ਭਾਸ਼ਾਵਾਂ ਕਸ਼ਮੀਰੀ ਅਤੇ ਡੋਗਰੀ ਦੇ ਨਾਲ-ਨਾਲ ਉਰਦੂ, ਹਿੰਦੀ, ਅੰਗਰੇਜ਼ੀ ਨੂੰ ਜੰਮੂ-ਕਸ਼ਮੀਰ ਦੀਆਂ ਸਰਕਾਰੀ ਭਾਸ਼ਾਵਾਂ ਵਿਚ ਸ਼ਾਮਲ ਕੀਤਾ ਗਿਆ ਹੈ। ਉਨ੍ਹਾਂ ਗ੍ਰਹਿ ਮੰਤਰੀ ਅਮਿਤ ਸ਼ਾਹ ਤੋਂ ਮੰਗ ਕੀਤੀ ਕਿ ਪੰਜਾਬੀ ਭਾਸ਼ਾ ਨੂੰ ਵੀ ਸਰਕਾਰੀ ਭਾਸ਼ਾ ਵਜੋਂ ਸ਼ਾਮਲ ਕੀਤਾ ਜਾਵੇ, ਕਿਉਂਕਿ ਜੰਮੂ ਕਸ਼ਮੀਰ ਵਿੱਚ ਵੀ ਪੰਜਾਬੀ ਇੱਕ ਪ੍ਰਸਿੱਧ ਭਾਸ਼ਾ ਹੈ। ਸ਼ਰਮਾ ਨੇ ਕਿਹਾ ਕਿ ਜੰਮੂ-ਕਸ਼ਮੀਰ ਮਹਾਰਾਜਾ ਰਣਜੀਤ ਸਿੰਘ ਦੇ ਰਾਜ ਦਾ ਮਹੱਤਵਪੂਰਨ ਹਿੱਸਾ ਰਿਹਾ ਹੈ ਅਤੇ ਅੱਜ ਵੀ ਇਸ ਸੂਬੇ ਦੇ ਲਗਭਗ 70 ਫੀਸਦੀ ਲੋਕ ਪੰਜਾਬੀ ਬੋਲਦੇ ਜਾਂ ਸਮਝਦੇ ਹਨ। ਡੋਗਰੀ ਭਾਸ਼ਾ ਪੰਜਾਬੀ ਭਾਸ਼ਾ ਦੀ ਇਕ ਉਪ-ਭਾਸ਼ਾ ਹੈ।

ਅਸ਼ਵਨੀ ਸ਼ਰਮਾ ਨੇ ਕਿਹਾ ਕਿ ਪੂਰੀ ਦੁਨੀਆ ਵਿੱਚ 11 ਕਰੋੜ ਤੋਂ ਵੱਧ ਪੰਜਾਬੀਆਂ ਦਾ ਵੱਸਦੇ ਹਨ ਅਤੇ ਜੰਮੂ-ਕਸ਼ਮੀਰ ਦੀਆਂ ਸਰਕਾਰੀ ਭਾਸ਼ਾਵਾਂ ਵਿੱਚ ਪੰਜਾਬੀ ਨੂੰ ਸ਼ਾਮਲ ਕਰਨ ਨਾਲ ਸਾਰੇ ਪੰਜਾਬੀਆਂ ਨੂੰ ਮਾਣ ਮਹਿਸੂਸ ਹੋਏਗਾ। ਸ਼ਰਮਾ ਨੇ ਕਿਹਾ ਕਿ ਮੋਦੀ ਸਰਕਾਰ ਵੱਲੋਂ ਪਿਛਲੇ 6 ਸਾਲਾਂ ਦੌਰਾਨ ਦੇਸ਼ ਅਤੇ ਜਨਤਾ ਦੇ ਹਿੱਤ ਵਿੱਚ ਲਏ ਗਏ ਫੈਸਲਿਆਂ ਜਿਵੇਂ ਕਿ 1984 ਦੇ ਦੰਗਿਆਂ ਦੇ ਦੋਸ਼ੀਆਂ ਨੂੰ ਸਜ਼ਾ, ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਦੀ ਉਸਾਰੀ, ਸ਼੍ਰੀ ਗੁਰੂ ਗੋਬਿੰਦ ਸਿੰਘ ਮਹਾਰਾਜ ਜੀ ਦੇ 350 ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣਾ, ਅੱਤਵਾਦ ਦੇ ਸਮੇਂ ਦੌਰਾਨ ਬਣਾਈ ਗਈ ਕਾਲੀ ਸੂਚੀ ਨੂੰ ਖਤਮ ਕਰਨਾ, ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ ਨੂੰ ਪਾਸਪੋਰਟ ਮੁਹੱਈਆ ਕਰਵਾਉਕਰਵਾਉਣੇ ਅਤੇ ਹੁਣ ਦੁਨੀਆ ‘ਚ ਵੱਖ-ਵੱਖ ਥਾਂਵਾਂ ਦੇ ਵੱਸਦੇ ਸ਼ਰਧਾਲੂ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਸੇਵਾ ਲਈ ਆਪਣਾ ਦਸਵੰਧ ਭੇਜਣ ਦੀ ਆਗਿਆ ਦੇਣਾ ਆਦਿ ਨੇ ਪੰਜਾਬੀਆਂ ਦਾ ਦਿਲ ਜਿੱਤ ਲਿਆ ਹੈ I ਸ਼ਰਮਾ ਨੇ ਮੰਗ ਕੀਤੀ ਕਿ ਹੁਣ ਪੰਜਾਬੀ ਭਾਸ਼ਾ ਨੂੰ ਵੀ ਜੰਮੂ-ਕਸ਼ਮੀਰ ਦੀ ਸਰਕਾਰੀ ਭਾਸ਼ਾ ਵਜੋਂ ਸ਼ਾਮਲ ਕੀਤਾ ਜਾਵੇ।