ਪੰਜਾਬ ਨੂੰ ਟੀਕਾਕਰਨ ਮੁਹਿੰਮ ਨੂੰ ਤੇਜ਼ ਕਰਨਾ ਚਾਹੀਦਾ ਹੈ : ਬੀ.ਜੇ.ਪੀ.

img-20210413-wa0023
ਵਿਗਿਆਨੀਆਂ ਵਲੋਂ ਕੋਵਿਡ -19 ਮਹਾਂਮਾਰੀ ਦੇ ਤੀਜੇ ਪੜਾਅ ਦੇ ਫੈਲਣ ਦੀ ਚਿਤਾਵਨੀ ਨੂੰ ਦੇਖਦਿਆਂ ਭਾਰਤੀ ਜਨਤਾ ਪਾਰਟੀ, ਪੰਜਾਬ ਨੇ ਮੰਗ ਕੀਤੀ ਕਿ ਅਮਰਿੰਦਰ ਸਰਕਾਰ ਨੂੰ ਪੰਜਾਬ ਵਿਚ ਸਿਹਤ ਸੇਵਾਵਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਵੱਲ ਧਿਆਨ ਦੇਣਾ ਚਾਹੀਦਾ ਹੈ, ਕਿਉਂਕਿ ਸੂਬੇ ‘ਚ ਸਿਹਤ ਸਹੂਲਤਾਂ ਦੀ ਸਥਿਤੀ ਬਹੁਤ ਮਾੜੀ ਹੈ।

ਸੂਬਾ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਇਹ ਹੈਰਾਨ ਕਰਨ ਵਾਲੀ ਗੱਲ ਹੈ ਕਿ ਪੰਜਾਬ ਸਰਕਾਰ ਸੂਬੇ ਵਿੱਚ ਵੱਧ ਰਹੀ ਮੌਤ ਦੀ ਦਰ ਨੂੰ ਰੋਕਣ ਵਿੱਚ ਅਸਫਲ ਰਹੀ ਹੈ, ਜੋ ਕਿ ਚਿੰਤਾਜਨਕ ਅਨੁਪਾਤ ਤੱਕ ਪਹੁੰਚ ਗਈ ਹੈ। ਉਨ੍ਹਾਂ ਕਿਹਾ ਕਿ ਇਸਦੇ ਲਈ ਸੂਬਾ ਸਰਕਾਰ ਰਾਜ ਵਿੱਚ ਸਿਹਤ ਸੇਵਾਵਾਂ ਦੇ ਬੁਨਿਆਦੀ ਢਾਂਚੇ ਦਾ ਨਿਰਮਾਣ ਨਹੀਂ ਕਰ ਸਕੀ ਹੈ। ਸ਼ਰਮਾ ਨੇ ਕਿਹਾ ਕਿ ਰਾਜ ਸਰਕਾਰ ਨੂੰ ਇਸ ਗੰਭੀਰ ਖ਼ਤਰੇ ਤੋਂ ਜਾਗਰੂਕ ਹੋਣਾ ਚਾਹੀਦਾ ਹੈ।ਅਸ਼ਵਨੀ ਸ਼ਰਮਾ ਨੇ ਕਿਹਾ ਕਿ ਰਾਜ ਸਰਕਾਰ ਦੀ ਅਯੋਗਤਾ ਅਤੇ ਪੇਂਡੂ ਖੇਤਰਾਂ ਵਿੱਚ ਮਾੜੀਆਂ ਸਿਹਤ ਸਹੂਲਤਾਂ ਕਾਰਨ ਪੇਂਡੂ ਖੇਤਰਾਂ ਵਿੱਚ ਬਹੁਤ ਸਾਰੇ ਜੋਖਮ ਪੈਦਾ ਹੋਏ ਹਨ, ਜਿਥੇ 58 ਪ੍ਰਤੀਸ਼ਤ ਮੌਤਾਂ ਦਰਜ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਰਾਜ ਵਿਚ ਹੁਣ ਤੱਕ ਹੋਈਆਂ 9000 ਤੋਂ ਵੱਧ ਮੌਤਾਂ ਵਿਚੋਂ 27 ਪ੍ਰਤੀਸ਼ਤ ਸ਼ਹਿਰੀ ਇਲਾਕਿਆਂ ਵਿਚ ਹੋਈਆਂ ਹਨ, ਜਦੋਂਕਿ ਬਾਕੀ ਦੀਆਂ ਪੇਂਡੂ ਇਲਾਕਿਆਂ ਵਿਚ ਹੋਈਆਂ ਹਨ।

ਅਸ਼ਵਨੀ ਸ਼ਰਮਾ ਨੇ ਸੂਬੇ ਵਿੱਚ ਟੀਕਾਕਰਨ ਦੀ ਲੋੜੀਂਦੀ ਸਪਲਾਈ ਵਧਾਉਣ ਵਿੱਚ ਅਸਫਲ ਰਹਿਣ ਲਈ ਅਮਰਿੰਦਰ ਸਰਕਾਰ ਖਿਲਾਫ  ਸਖਤ ਨੋਟਿਸ ਲੈਂਦੀਆਂ ਕਿਹਾ ਕਿ ਇਹ ਗੰਭੀਰ ਚਿੰਤਾ ਦਾ ਵਿਸ਼ਾ ਹੈ ਕਿ ਹੁਣ ਤੱਕ ਸੂਬੇ ਦੇ ਸਰਕਾਰੀ ਹਸਪਤਾਲਾਂ ਵਿੱਚ 18-44 ਸਾਲ ਲੋਕਾਂ ਲਈ ਟੀਕਾਕਰਣ ਦੀ ਪ੍ਰਕਿਰਿਆ ਸ਼ੁਰੂ ਨਹੀਂ ਕੀਤੀ ਗਈ ਹੈ।ਅਸ਼ਵਨੀ ਸ਼ਰਮਾ ਨੇ ਕਿਹਾ ਕਿ ਸੂਬੇ ਦੀ ਕਾਂਗਰਸ ਸਰਕਾਰ ਨਾ ਸਿਰਫ ਲੋਕਾਂ ਨੂੰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਪ੍ਰਤੀ ਅਸੰਵੇਦਨਸ਼ੀਲ ਹੈ, ਬਲਕਿ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਦਿੱਤੀ ਜਾ ਰਹੀ ਸਹਾਇਤਾ ਦੀ ਵਰਤੋਂ ਕਰਨ ਵਿੱਚ ਵੀ ਅਸਫਲ ਰਹੀ ਹੈ।