ਬਿਹਾਰ ਤੋਂ ਸਬਕ ਲੈਂਦੇ ਹੋਏ ਅਮਰਿੰਦਰ ਨੂੰ ਵੀ ਦਾਗੀ ਮੰਤਰੀਆਂ ਨੂੰ ਕਰਨਾ ਚਾਹੀਦਾ ਹੈ ਬਰਖਾਸਤ : ਡਾ: ਸੁਭਾਸ਼ ਸ਼ਰਮਾ

ਸੂਬਾ ਭਾਜਪਾ ਨੇ ਅੱਜ ਫਿਰ ਤੋਂ ਦਾਗੀ ਕਾਂਗਰਸ ਦੇ ਮੰਤਰੀਆਂ ਨੂੰ ਪੰਜਾਬ ਮੰਤਰੀ ਮੰਡਲ ਤੋਂ ਬਰਖਾਸਤ ਕਰਨ ਦੀ ਮੰਗ ਕੀਤੀ। ਪੰਜਾਬ ਭਾਜਪਾ ਦੇ ਜਨਰਲ ਸੱਕਤਰ ਡਾ ਸੁਭਾਸ਼ ਸ਼ਰਮਾ ਨੇ ਇੱਕ ਬਿਆਨ ਵਿੱਚ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੂੰ ਬਿਹਾਰ ਸਰਕਾਰ ਤੋਂ ਸਬਕ ਲੈਣਾ ਚਾਹੀਦਾ ਹੈ ਅਤੇ ਪੰਜਾਬ ਸਰਕਾਰ ਦੇ ਘੱਟੋ ਘੱਟ ਦੋ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਅਤੇ ਭਾਰਤ ਭੂਸ਼ਣ ਆਸ਼ੂ ਨੂੰ ਤੁਰੰਤ ਮੰਤਰੀ ਮੰਡਲ ਤੋਂ ਹਟਾ ਦੇਣਾ ਚਾਹੀਦਾ ਹੈ, ਕਿਉਂਕਿ ਦੋਵਾਂ ਉੱਤੇ ਭ੍ਰਿਸ਼ਟਾਚਾਰ ਦੇ ਦੋਸ਼ ਹਨ। ਉਨ੍ਹਾਂ ਨੂੰ ਹਟਾ ਕੇ ਕੈਪਟਨ ਨੂੰ ਮਿਸਾਲ ਕਾਇਮ ਕਰਨੀ ਚਾਹੀਦੀ ਹੈ, ਜਿਸ ਤਰ੍ਹਾਂ ਬਿਹਾਰ ਸਰਕਾਰ ਨੇ ਦਾਗੀ ਸਿੱਖਿਆ ਮੰਤਰੀ ਨੂੰ ਹਟਾ ਕੇ ਇਕ ਮਿਸਾਲ ਕਾਇਮ ਕੀਤੀ ਹੈ।

         ਡਾ: ਸੁਭਾਸ਼ ਸ਼ਰਮਾ ਨੇ ਕਿਹਾ ਕਿ ਧਰਮਸੋਤ ਨੇ ਗਰੀਬ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਦੀ ਪੋਸਟ ਮੈਟ੍ਰਿਕ ਸਕਾਲਰਸ਼ਿਪ ਲਈ 304 ਕਰੋੜ ਰੁਪਏ ਦੇ ਗਬਨ ਵਿੱਚ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਧਰਮਸੋਤ ਨਾਲ ਫਗਵਾੜਾ ਤੋਂ ਕਾਂਗਰਸ ਦੇ ਵਿਧਾਇਕ ਬੀ.ਐੱਸ. ਧਾਲੀਵਾਲ ਨੂੰ ਵੀ ਉਸ ਦੇ ਜੁਰਮ ਵਿੱਚ ਸ਼ਾਮਲ ਹੋਣ ਲਈ ਬਾਹਰ ਕੱਢਿਆ ਜਾਣਾ ਚਾਹੀਦਾ ਹੈ।

         ਡਾ.ਸੁਭਾਸ਼ ਸ਼ਰਮਾ ਨੇ ਕਿਹਾ ਕਿ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਤੇ ਨਾ ਸਿਰਫ ਕਸ਼ਮੀਰ ਦੇ ਅੱਤਵਾਦੀਆਂ ਨੂੰ ਪਨਾਹ ਦੇਣ ਦਾ ਦੋਸ਼ ਲਗਿਆ ਹੈ, ਬਲਕਿ ਲੁਧਿਆਣਾ ਵਿਚ ਹੋਏ ਕਰੋੜਾਂ ਰੁਪਏ ਦੇ ਗ੍ਰੈਂਡ ਮੈਨੰਣ ਕੰਪਲੈਕਸ ਘੁਟਾਲੇ ਵਿਚ ਉਸ ਦੀ ਭੂਮਿਕਾ ਸਾਹਮਣੇ ਆਈ ਹੈ, ਇਸ ਲਈ ਆਸ਼ੂ ਨੂੰ ਵੀ ਤੁਰੰਤ ਪ੍ਰਭਾਵ ਨਾਲ ਬਰਖਾਸਤ ਕੀਤਾ ਜਾਣਾ ਚਾਹੀਦਾ ਹੈ। ਸ਼ਰਮਾ ਨੇ ਕਿਹਾ ਕਿ ਮੁੱਖ ਮੰਤਰੀ ਅਮਰਿੰਦਰ ਸਿੰਘ ਜਾਣਬੁੱਝ ਕੇ ਆਪਣੇ ਕੈਬਨਿਟ ਮੰਤਰੀਆਂ ਦੇ ਭ੍ਰਿਸ਼ਟਾਚਾਰ ਨੂੰ ਦੇਖ ਕੇ ਅੱਖਾਂ ਬੰਦ ਕਰਕੇ ਬੈਠੇ ਹਨ ਅਤੇ ਉਨ੍ਹਾਂ ਨੂੰ ਕਲੀਨ ਚਿੱਟ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਸ਼ਰਾਬ ਮਾਫੀਆ, ਡਰੱਗ ਮਾਫੀਆ ਅਤੇ ਮਾਈਨਿੰਗ ਮਾਫੀਆ ਨਾਲ ਹੱਥ ਮਿਲਾਉਣ ਵਾਲੇ ਕਾਂਗਰਸੀ ਨੇਤਾਵਾਂ ਖਿਲਾਫ ਮੁੱਖ ਮੰਤਰੀ ਵੱਲੋਂ ਸਖਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।