ਯੋਗੀ ਜੀ ਤੋਂ ਪ੍ਰਬੰਧਕੀ ਯੋਗਤਾ ਸਿਖਣ ਅਮਰੇਂਦਰ ਸਿੰਘ : ਸੁਭਾਸ਼ ਸ਼ਰਮਾ

 

subhash-sharma-gen-sec-bjp-punjab-1

ਹਿੰਦੂਆਂ ਦੀਆਂ ਭਾਵਨਾਵਾਂ ਨਾਲ ਖਿਲਵਾੜ ਕਰਨਾ ਬੰਦ ਕਰੇ ਕਾਂਗਰਸ |

ਭਾਜਪਾ ਨੇ ਕੈਪਟਨ ਅਮਰਿੰਦਰ ਸਿੰਘ ਵਲੋਂ ਯੋਗੀ ਜੀ ‘ਤੇ ਕੀਤੀ ਗਈ ਅਲੋਚਨਾ ਦਾ ਤਿੱਖਾ ਪ੍ਰਤੀਕਰਮ ਦਿੰਦਿਆਂ ਕਿਹਾ ਕਿ ਉਨ੍ਹਾਂ ਦੀ ਭਾਸ਼ਾ ਨੇ ਹਿੰਦੂਆਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ। ਭਾਜਪਾ ਦੇ ਸੂਬਾ ਜਨਰਲ ਸਕੱਤਰ ਡਾ. ਸੁਭਾਸ਼ ਸ਼ਰਮਾ ਨੇ ਕਿਹਾ ਕਿ ਪ੍ਰਯਾਗਰਾਜ ਅਤੇ ਅਯੁੱਧਿਆ ਹਿੰਦੂਆਂ ਦੇ ਵੱਡੇ ਤੀਰਥ ਸਥਾਨ ਹਨ, ਜਿਨ੍ਹਾਂ ਦਾ ਨਾਮ ਵਿਦੇਸ਼ੀ ਹਮਲਾਵਰਾਂ ਨੇ ਬਦਲ ਦਿੱਤਾ ਸੀ। ਯੋਗੀ ਜੀ ਨੇ ਉਹਨਾਂ ਦੇ ਆਪਣੇ ਪੁਰਾਣੇ ਨਾਮ ਨੂੰ ਵਾਪਸ ਕੀਤਾ ਹੈ, ਜੋ ਕਰੋੜਾਂ ਹਿੰਦੂਆਂ ਦੀਆਂ ਭਾਵਨਾਵਾਂ ਦੇ ਮੁਤਾਬਕ ਹਨI ਕੈਪਟਨ ਅਮਰਿੰਦਰ ਆਪਣੀ ਘਟਿਆ ਰਾਜਨੀਤੀ ਹੇਠ ਅਜਿਹੇ ਨਾਪਾਕ ਬਿਆਨ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਯੋਗੀ ਜੀ ਨੂੰ ਸਿਖਾਉਣ ਤੋਂ ਪਹਿਲਾਂ ਅਮਰੇਂਦਰ ਸਿੰਘ ਨੂੰ ਪੰਜਾਬ ਦੀ ਚਿੰਤਾ ਕਰਨੀ ਚਾਹੀਦੀ ਹੈ, ਜਿਥੇ ਦੇਸ਼ ਵਿਚ ਕੋਰੋਨਾ ਕਾਰਨ ਹੋ ਰਹੀਆਂ ਮੌਤਾਂ ਦੀ ਦਰ ਸਭ ਤੋਂ ਵੱਧ ਹੈ।

ਡਾ: ਸੁਭਾਸ਼ ਸ਼ਰਮਾ ਨੇ ਕੈਪਟਨ ‘ਤੇ ਹਮਲਾ ਬੋਲਦਿਆਂ ਕਿਹਾ ਕਿ ਪੰਜਾਬ ਦੇ ਲੋਕ ਜਾਣਦੇ ਹਨ ਕਿ ਵੰਡ ਦੀ ਰਾਜਨੀਤੀ ਕੌਣ ਕਰਦਾ ਹੈ। ਕਾਂਗਰਸ ਨੇ ਹਮੇਸ਼ਾਂ ਹੀ ਪੰਜਾਬ ਵਿਚ ਵੰਡ ਦੀ ਰਾਜਨੀਤੀ ਰਾਹੀਂ ਸੱਤਾ ਹਾਸਲ ਕੀਤੀ ਹੈ। ਭਾਜਪਾ ਨੇ ਹਮੇਸ਼ਾਂ ਹੀ ਪੰਜਾਬ ਵਿੱਚ ਸ਼ਾਂਤੀ ਅਤੇ ਭਾਈਚਾਰਕ ਮਾਹੌਲ ਸਥਾਪਤ ਕਰਨ ਲਈ ਉਪਰਾਲੇ ਕੀਤੇ ਹਨ। ਸ਼ਰਮਾ ਨੇ ਕਿਹਾ ਕਿ ਹਰ ਕੋਈ ਜਾਣਦਾ ਹੈ ਕਿ ਫਿਰਕੂ ਵੰਡ ਦੀਆਂ ਨੀਤੀਆਂ ਕਿਸ ਦੀਆਂ ਹਨ। ਕਾਂਗਰਸ ਨੇ ਹਮੇਸ਼ਾਂ ‘ਵੰਡੋ ਅਤੇ ਰਾਜ ਕਰੋ’ ਦੀ ਨੀਤੀ ਦੀ ਪਾਲਣਾ ਕੀਤੀ ਹੈ ਅਤੇ 23 ਵਾਂ  ਜ਼ਿਲ੍ਹਾ ਬਣਾਉਣਾ ਵੀ ਕਾਂਗਰਸ ਦੀ ਵੰਡਣ ਵਾਲੀ ਨੀਤੀ ਦਾ ਹੀ ਇੱਕ ਹਿੱਸਾ ਹੈ। ਕਾਂਗਰਸ ਨੇ 1947 ਵਿਚ ਧਰਮ ਦੇ ਅਧਾਰ ਤੇ ਦੇਸ਼ ਦੀ ਵੰਡ ਕੀਤੀ ਸੀ ਅਤੇ ਹੁਣ ਅਮਰਿੰਦਰ ਸਿੰਘ ਨੇ ਧਰਮ ਦੇ ਆਧਾਰ ‘ਤੇ ਨਵਾਂ ਜ਼ਿਲ੍ਹਾ ਬਣਾ ਦਿੱਤਾ ਹੈ, ਜੋ ਕਿ ਕਾਂਗਰਸ ਦੀ ਵੰਡ ਦੀ ਨੀਤੀ ਦਾ ਇਕ ਹਿੱਸਾ ਹੈ। ਕੈਪਟਨ ਪੰਜਾਬ ਦੇ ਲੋਕਾਂ ਨੂੰ ਧਰਮ ਦੇ ਅਧਾਰ ਤੇ ਵੰਡ ਕੇ ਸੂਬੇ ਦੀ ਭਾਈਚਾਰਕ ਸਾਂਝ ਨੂੰ ਅੱਗ ਲਾਉਣਾ ਚਾਹੁੰਦੇ ਹਨ।

ਡਾ: ਸੁਭਾਸ਼ ਸ਼ਰਮਾ ਨੇ ਕਿਹਾ ਕਿ ਕਾਂਗਰਸ ਨੇ ਹਮੇਸ਼ਾਂ ਲੋਕਾਂ ਦੇ ਖੂਨ ਨਾਲ ਹੋਲੀ ਖੇਡੀ ਹੈ ਅਤੇ ਇਤਿਹਾਸ ਇਸਦਾ ਗਵਾਹ ਹੈ ਅਤੇ ਜਨਤਾ ਸਭ ਕੁਝ ਜਾਣਦੀ ਹੈ। ਭਾਜਪਾ ਨੇ ਹਮੇਸ਼ਾਂ ਹੀ ਪੰਜਾਬ ਦੀ ਸ਼ਾਂਤੀ ਅਤੇ ਭਾਈਚਾਰੇ ਲਈ ਕੁਰਬਾਨੀਆਂ ਦਿੱਤੀਆਂ ਹਨ, ਜਿਸ ਬਾਰੇ ਲੋਕ ਭਲੀਭਾਂਤ ਜਾਣੂ ਹਨ। ਸ਼ਰਮਾ ਨੇ ਕਿਹਾ ਕਿ ਕੈਪਟਨ ਨੂੰ ਹਿੰਦੂਆਂ ਦੀਆਂ ਭਾਵਨਾਵਾਂ ਨਾਲ ਖਿਲਵਾੜ ਨਹੀਂ ਕਰਨਾ ਚਾਹੀਦਾ, ਨਹੀਂ ਤਾਂ ਇਸਦੇ ਨਤੀਜੇ ਬਹੁਤ ਭਿਆਨਕ ਹੋ ਸਕਦੇ ਹਨ।